ਅੰਮ੍ਰਿਤਸਰ : ਜੰਡਿਆਲਾ ਥਾਣੇ ਅਧੀਨ ਪੈਂਦੇ ਪਿੰਡ ਨੰਗਲ ਗੁਰੂ ਵਿੱਚ ਪਰਿਵਾਰਕ ਕਲੇਸ਼ ਕਾਰਨ ਲੜਕੀ ਦੇ ਪਰਿਵਾਰ ਵਾਲਿਆਂ ਨੇ ਗੁੰਡਾਗਰਦੀ ਕੀਤੀ। ਪਿੰਡ ਆ ਕੇ ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਤਿੰਨ ਵਿਅਕਤੀਆਂ ਦੇ ਪੱਟਾਂ ਅਤੇ ਲੱਤਾਂ 'ਤੇ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਰੀਬ 15 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਲਦੀ ਹੀ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਉਰਫ਼ ਮੋਟਾ ਅਤੇ ਜਰਮਨਜੀਤ ਸਿੰਘ ਵਾਸੀ ਪੱਤੀ ਡੇਢ ਬੰਡਾਲਾ ਵਜੋਂ ਹੋਈ ਹੈ। ਫਰਾਰ ਹੋਏ ਮੁਲਜ਼ਮਾਂ ਦੀ ਪਛਾਣ ਸੁਰਜੀਤ ਸਿੰਘ, ਹੈਪੀ ਸਿੰਘ, ਅਰਜੁਨ ਸਿੰਘ, ਪ੍ਰਿੰਸ, ਜਿੰਦਰ ਸਿੰਘ, ਗੁਰਜੀਤ ਸਿੰਘ ਵਾਸੀ ਚਾਟੀਵਿੰਡ ਅਤੇ ਸੱਤ ਅਣਪਛਾਤੇ ਵਿਅਕਤੀਆਂ ਵਜੋਂ ਹੋਈ ਹੈ।