ਚੰਡੀਗੜ੍ਹ : ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ-10 ਦੀ ਕੋਠੀ ਨੰਬਰ 575 'ਚ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਨੂੰ ਲੈ ਕੇ ਪੰਜਾਬ ਪੁਲਿਸ ਦੀ ਟੀਮ ਅਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਲਗਾਤਾਰ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।ਹਾਲਾਂਕਿ ਧਮਾਕੇ ਦਾ ਮਾਮਲਾ 48 ਘੰਟਿਆਂ ਦੇ ਅੰਦਰ ਸੁਲਝਾ ਲਿਆ ਗਿਆ ਹੈ। ਇਸ ਧਮਾਕੇ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਧਮਾਕੇ 'ਚ ਵਿਦੇਸ਼ੀ ਕਨੈਕਸ਼ਨ ਹੋਣ ਕਾਰਨ ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਜਾਂਚ ਰਾਸ਼ਟਰੀ ਜਾਂਚ ਏਜੰਸੀ NIA ਨੂੰ ਸੌਂਪ ਦਿੱਤੀ ਹੈ ਅਤੇ ਵਿਸਥਾਰਤ ਰਿਪੋਰਟ ਮੰਗੀ ਹੈ।
ਹਮਲੇ ਦਾ ਮਾਸਟਰਮਾਈਂਡ ਅੰਮ੍ਰਿਤਸਰ ਦਾ ਰਹਿਣ ਵਾਲਾ
ਚੰਡੀਗੜ੍ਹ ਬਲਾਸਟ ਦਾ ਮਾਸਟਰਮਾਈਂਡ ਰੋਹਨ ਮਸੀਹ ਅੰਮ੍ਰਿਤਸਰ ਦੇ ਪਿੰਡ ਪਾਸ਼ੀਆ ਦਾ ਰਹਿਣ ਵਾਲਾ ਹੈ। ਜ਼ਿਕਰਯੋਗ ਹੈ ਇਸ ਗ੍ਰੇਨੇਡ ਧਮਾਕੇ ਦੇ ਕੁਝ ਸਮੇਂ ਬਾਅਦ ਹੀ ਇਸ ਦੀ ਜ਼ਿੰਮੇਵਾਰੀ ਅਮਰੀਕਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਹੈਪੀ ਪਾਸ਼ੀਆ ਨੇ ਲਈ ਸੀ। ਹੈਪੀ ਪਾਸ਼ੀਆ ਇਸੇ ਪਿੰਡ ਦਾ ਵਸਨੀਕ ਹੈ। ਜਿਸ ਤੋਂ ਬਾਅਦ ਪੁਲਿਸ ਨੂੰ ਰੋਹਨ ਮਸੀਹ 'ਤੇ ਸ਼ੱਕ ਹੋਇਆ। ਇਸ ਹਮਲੇ ਤੋਂ ਤਿੰਨ ਦਿਨ ਪਹਿਲਾਂ ਰੋਹਨ ਆਪਣੇ ਪਿੰਡ ਤੋਂ ਭੱਜ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸਦੇ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਅਤੇ ਸਿਰਫ 48 ਘੰਟਿਆਂ ਦੇ ਅੰਦਰ ਪੁਲਿਸ ਅਤੇ ਰਾਸ਼ਟਰੀ ਜਾਂਚ ਏਜੰਸੀ ਨੂੰ ਸਫਲਤਾ ਮਿਲੀ।
ਡੀਜੀਪੀ ਨੇ ਕੀ ਕਿਹਾ
ਰੋਹਨ ਮਸੀਹ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਹਮਲੇ ਦਾ ਮਾਸਟਰ ਮਾਈਂਡ ਰੋਹਨ ਮਸੀਹ ਹੈ, ਜੋ ਕਿ ਪਾਸ਼ੀਆ ਥਾਣਾ ਰਮਦਾਸ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਰੋਹਨ ਮਸੀਹ ਦੀ ਗ੍ਰਿਫ਼ਤਾਰੀ ਅਤੇ ਹੋਰ ਮੁਲਜ਼ਮਾਂ ਦੀ ਸ਼ਨਾਖ਼ਤ ਨਾਲ ਮਾਮਲਾ ਸੁਲਝਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਅਸਲਾ ਬਰਾਮਦ ਹੋਇਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਰੋਹਨ ਨੇ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਕਬੂਲ ਕਰ ਲਈ ਹੈ।