ਬਰਨਾਲਾ, 17 ਨਵੰਬਰ (ਬਘੇਲ ਸਿੰਘ ਧਾਲੀਵਾਲ)- ਸਮਾਜ ਸੇਵੀ ਲੱਖਾ ਸਿਧਾਣਾ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)ਅਤੇ ਪੰਥਕ ਜਥੇਬੰਦੀਆਂ ਨੇ ਸਾਂਝੇ ਉਮੀਦਵਾਰ ਸਰਦਾਰ ਗੋਵਿੰਦ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਆਉਣ ਵਾਲੀ 20 ਨਵੰਬਰ ਨੂੰ ਚੋਣ ਨਿਸ਼ਾਨ ਬਾਲਟੀ ਦਾ ਬਟਨ ਦਬਾਕੇ ਹਲਕੇ ਦੀ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਲੱਖਾ ਸਿਧਾਣਾ ਨੇ ਕਿਹਾ ਕਿ ਗੋਵਿੰਦ ਸਿੰਘ ਸੰਧੂ ਹਲਕੇ ਦੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਕੇ ਸਹੀ ਸੇਧ ਦੇਣਾ ਚਾਹੁੰਦੇ ਹਨ, ਜਦੋਂ ਕਿ ਹੋਰਨਾ ਰਿਵਾਇਤੀ ਪਾਰਟੀਆਂ ਦੇ ਉਮੀਦਵਾਰ ਵੋਟਾਂ ਦੀ ਪ੍ਰਾਪਤੀ ਲਈ ਨਸ਼ੇ ਵੰਡ ਕੇ ਪੰਜਾਬ ਦਾ ਬੇੜਾ ਗਰਕ ਕਰਨ 'ਤੇ ਤੁਲੇ ਹੋਏ ਹਨ। ਹੁਣ ਫੈਸਲਾ ਤੁਸੀਂ ਕਰਨਾ ਹੈ ਕਿ ਤੁਸੀਂ ਪੰਜਾਬ ਦਾ ਬੇੜਾ ਗਰਕ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਦਾ ਸਾਥ ਦੇਣਾ ਹੈ ਜਾਂ ਤੁਹਾਡੀਆਂ ਨਸਲਾਂ, ਫਸਲਾਂ ਤੇ ਕਾਰੋਬਾਰ ਨੂੰ ਬਚਾਉਣ ਲਈ ਉਪਰਾਲੇ ਕਰਨ ਵਾਲੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਦਾ ਸਾਥ ਦੇਣਾ ਹੈ। ਉਹਨਾਂ ਕਿਹਾ ਕਿ ਪੰਜਾਬ ਦਾ ਬੇੜਾ ਗਰਕ ਕਰਨ ਵਾਲੀਆਂ ਕਾਂਗਰਸ, ਭਾਜਪਾ ਤੇ ਆਪ ਵਰਗੀਆਂ ਰਿਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣ ਦੀ ਲੋੜ ਹੈ। ਇਹ ਪਾਰਟੀਆਂ ਵੋਟਾਂ ਹਾਸਲ ਕਰਨ ਲਈ ਝੂਠੇ ਪ੍ਰਚਾਰ ਕਰਨ ਦੇ ਨਾਲ ਨਾਲ ਕਈ ਝੂਠੇ ਦਾਅਵੇ ਵਾਅਦੇ ਵੀ ਕਰਨਗੀਆਂ ਪਰ ਜੇ ਅਸੀਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਤ ਕਰਨਾ ਹੈ ਤਾਂ ਇਸ ਵਾਰ ਇਹਨਾਂ ਦੇ ਵਹਿਕਾਵੇ ਵਿੱਚ ਨਹੀਂ ਆਉਣਾ,ਸਗੋਂ ਪੰਜਾਬ ਦੇ ਭਲੇ ਦੀ ਸੋਚ ਰੱਖਣ ਵਾਲੇ ਗੋਵਿੰਦ ਸਿੰਘ ਸੰਧੂ ਦਾ ਸਾਥ ਦੇਣਾ ਹੈ ਤਾਂ ਜੋ ਸਾਡੇ ਲੋਕਾਂ ਦੀ ਆਵਾਜ਼ ਵਿਧਾਨ ਸਭਾ ਦੇ ਵਿੱਚ ਬੁਲੰਦ ਕੀਤੀ ਜਾ ਸਕੇ ਅਤੇ ਸਰਕਾਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਅਤੇ ਵਰਕਰ ਸਾਹਿਬਾਨ ਵੀ ਹਾਜ਼ਰ ਸਨ।