ਸੁਲਤਾਨਪੁਰ ਲੋਧੀ- ਸੁਲਤਾਨਪੁਰ ਲੋਧੀ ਵਿੱਚ ਬੀਤੀ ਦੇਰ ਰਾਤ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਨੌਜਵਾਨਾਂ ਵੱਲੋਂ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਧਰ, ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਸਾਲੀ ਰਜਨੀ ਪਤਨੀ ਦੀਪਕ ਕੁਮਾਰ ਵਾਸੀ ਕਪੂਰਥਲਾ ਨੇ ਦੱਸਿਆ ਕਿ ਉਹ ਪਿੰਡ ਡਡਵਿੰਡੀ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਘਰ ਧਾਰਮਿਕ ਸਮਾਗਮ ਲਈ ਆਈ ਹੋਈ ਸੀ। ਫੰਕਸ਼ਨ ਖਤਮ ਹੋਣ ਤੋਂ ਬਾਅਦ ਅਸੀਂ ਸੁਲਤਾਨਪੁਰ ਲੋਧੀ ਆ ਗਏ ਜਿਸ ਤੋਂ ਬਾਅਦ ਮੇਰਾ ਜੀਜਾ ਵੀ ਮੇਰੇ ਨਾਲ ਆ ਗਿਆ। ਉਸ ਨੇ ਦੱਸਿਆ ਕਿ ਖਾਣਾ ਬਣਾਉਣ ਤੋਂ ਬਾਅਦ ਮੈਂ ਫਿਰ ਡਡਵਿੰਡੀ ਚਲੀ ਗਈ। ਇਸ ਤਰ੍ਹਾਂ ਮੇਰਾ ਜੀਜਾ ਹਨੀ ਕੁਮਾਰ ਪੁੱਤਰ ਸੁਰਿੰਦਰ ਪਾਲ ਆਪਣੇ ਦੋਸਤਾਂ ਅਜੈ ਕੁਮਾਰ ਬੰਟੀ, ਅਮਨ ਕੁਮਾਰ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ। ਹਨੀ ਕੁਮਾਰ ਦੇ ਦੋਸਤ ਅਜੈ ਕੁਮਾਰ ਬੰਟੀ, ਅਮਨ ਕੁਮਾਰ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੇ, ਜਿਨ੍ਹਾਂ ਨੂੰ ਮੈਂ ਪੁੱਛਿਆ ਕਿ ਤੁਹਾਡੇ ਸੱਟਾਂ ਕਿਵੇਂ ਲੱਗੀਆਂ ਹਨ ਤਾਂ ਉਨ੍ਹਾਂ ਨੇ ਦੱਸਿਆ ਕਿ ਮੁਹੱਲਾ ਸੈਦਾ ਦੇ ਨੌਜਵਾਨਾਂ ਨੇ ਸਾਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਮੈਂ ਉਹਨਾਂ ਨੂੰ ਐਂਬੂਲੈਂਸ 'ਚ ਸਿਵਲ ਹਸਪਤਾਲ ਕਪੂਰਥਲਾ 'ਚ ਦਾਖਲ ਕਰਵਾਇਆ। ਇਸ ਤੋਂ ਬਾਅਦ ਅਸੀਂ ਹਨੀ ਕੁਮਾਰ ਦੀ ਭਾਲ ਸ਼ੁਰੂ ਕੀਤੀ ਤਾਂ ਹਨੀ ਕੁਮਾਰ ਦੀ ਲਾਸ਼ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੋਂ ਪੁਲਿਸ ਨੂੰ ਮਿਲੀ, ਜਿੱਥੇ ਉਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਮਹੀਨੇ ਵਿੱਚ ਸੈਦਾ ਇਲਾਕੇ ਦੇ ਨੌਜਵਾਨਾਂ ਵੱਲੋਂ ਮੇਰੇ ਸਾਲੇ ’ਤੇ ਤੀਜੀ ਵਾਰ ਹਮਲਾ ਕੀਤਾ ਗਿਆ ਹੈ ਜਿਸ ਵਿੱਚ ਉਸਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਪਰ ਸਾਡੀ ਸੁਣਵਾਈ ਨਹੀਂ ਹੋਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦਸ ਦੇਈਏ ਕਿ ਹਨੀ ਸੱਭਰਵਾਲ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਪ੍ਰਧਾਨ ਵੀ ਸਨ।ਇਸ ਘਟਨਾ ਦਾ ਪਤਾ ਲੱਗਦਿਆਂ ਹੀ ਡੀਐਸਪੀ ਐਸਐਸ ਰੰਧਾਵਾ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਪਾਰਟੀ ਵੱਲੋਂ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਇਲਾਕੇ ਦੇ ਨੌਜਵਾਨਾਂ ਨਾਲ ਰੰਜਿਸ਼ ਸੀ। ਉਹ ਪਹਿਲਾਂ ਵੀ ਲੜ ਚੁੱਕੇ ਹਨ।