ਮਖੂ : ਮਖੂ ਦੇ ਕਟਾਰੀਆ ਪੈਟਰੋਲ ਪੰਪ ਦੇ ਕੋਲ ਹੋਏ ਸੜਕ ਹਾਦਸੇ ਵਿਚ ਇਕ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮਖੂ ਪੁਲਿਸ ਨੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ 106 (1), 324 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਤੀਰਥ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਜਾਨੀਆ ਚਾਹਲ ਨੇ ਦੱਸਿਆ ਕਿ ਉਹ ਤੇ ਉਸ ਦੇ ਚਾਚੇ ਦਾ ਲੜਕਾ ਪ੍ਰਭਜੋਤ ਸਿੰਘ (40 ਸਾਲ) ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਜਾਨੀਆ ਚਾਹਲ ਥਾਣਾ ਲੋਹੀਆ ਜ਼ਿਲ੍ਹਾ ਜਲੰਧਰ ਮੋਟਰਸਾਈਕਲ ਸਪਲੈਂਡਰ ਨੰਬਰ ਪੀਬੀ 08-3660 ’ਤੇ ਸਵਾਰ ਹੋ ਕੇ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਸੀ। ਜਦ ਉਹ ਕਟਾਰੀਆ ਪੈਟਰੋਲ ਪੰਪ ਮਖੂ ਪਾਸ ਪੁੱਜੇ ਤਾਂ ਇਕ ਘੋੜਾ ਟਰਾਲਾ ਤੇਜ਼ ਰਫ਼ਤਾਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ। ਜਿਸ ਨਾਲ ਉਨ੍ਹਾਂ ਦਾ ਮੋਟਰਸਾਈਕਲ ਡੋਲ ਗਿਆ ਤੇ ਉਹ ਡਿੱਗ ਪਏ ਤੇ ਟਰੱਕ ਦਾ ਟਾਇਰ ਪ੍ਰਭਜੋਤ ਸਿੰਘ ਦੇ ਸਿਰ ਉਪਰ ਦੀ ਲੰਘ ਗਿਆ, ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।