ਬਠਿੰਡਾ : ਜ਼ਿਲ੍ਹੇ ਦੇ ਪਿੰਡ ਡੂੰਮਵਾਲੀ ’ਚ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿੱਕੀ ਸਿੰਘ (30) ਪੁੱਤਰ ਸਵਰਗਵਾਸੀ ਬੂਟਾ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਵਿੱਕੀ ਸਿੰਘ ਨੂੰ ਨਸ਼ਾ ਦੇਣ ਵਾਲੇ ਪਤੀ-ਪਤਨੀ ਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਜਾਣਕਾਰੀ ਅਨੁਸਾਰ ਥਾਣਾ ਸੰਗਤ ਮੰਡੀ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਸੁਖਪ੍ਰੀਤ ਕੌਰ ਵਾਸੀ ਡੂੰਮਵਾਲੀ ਨੇ ਦੱਸਿਆ ਕਿ ਉਸ ਦਾ ਲੜਕਾ ਵਿੱਕੀ ਸਿੰਘ ਨਸ਼ੇ ਕਰਨ ਦਾ ਆਦੀ ਸੀ। ਉਸ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਪੀੜਤ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਲਾਸ਼ ਪਿੰਡ ਦੀ ਫਿਰਨੀ ਉੱਪਰ ਪਈ ਸੀ। ਸੂਚਨਾ ਮਿਲਣ ’ਤੇ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ ਤੇ ਉਸ ਦੇ ਨੇੜੇ ਹੀ ਸਰਿੰਜ ਪਈ ਹੋਈ ਸੀ। ਪੀੜਤ ਨੇ ਦੱਸਿਆ ਕਿ ਚਿੱਟੇ ਦੀ ਓਵਰਡੋਜ਼ ਦਾ ਟੀਕਾ ਲਗਾਉਣ ਤੋਂ ਬਾਅਦ ਹੀ ਉਸ ਦੇ ਲੜਕੇ ਦੀ ਮੌਤ ਹੋਈ ਹੈ। ਪੀੜਤ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦੋਸ਼ ਲਾਇਆ ਕਿ ਗਿੰਦਾ ਸਿੰਘ ਪੁੱਤਰ ਗੁਰਚਰਨ ਸਿੰਘ, ਉਸ ਦੀ ਪਤਨੀ ਸੁਖਜੀਤ ਕੌਰ ਤੇ ਪੁੱਤਰ ਪੀਤਾ ਸਿੰਘ ਨੇ ਉਸ ਦੇ ਪੁੱਤਰ ਨੂੰ ਚਿੱਟੇ ਦਾ ਨਸ਼ਾ ਦਿੱਤਾ ਸੀ, ਜਿਹੜਾ ਉਸ ਦੀ ਮੌਤ ਦਾ ਕਾਰਨ ਬਣਿਆ ਹੈ। ਥਾਣਾ ਸੰਗਤ ਮੰਡੀ ਦੇ ਸਬ-ਇੰਸਪੈਕਟਰ ਚੇਤ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਤੋਂ ਬਾਅਦ ਪਤੀ-ਪਤਨੀ ਤੇ ਉਨ੍ਹਾਂ ਦੇ ਪੁੱਤਰ ਸਮੇਤ ਤਿੰਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।