ਬਠਿੰਡਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫ਼ਰਜ਼ੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਦੇ ਦੋਸ਼ ਹੇਠ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਣਿਆਂ ਵਿਚ ਛੇ ਕੇਸ ਦਰਜ ਕੀਤੇ ਹਨ। ਵੀਡੀਓ ਵਿਚ ਅਰਵਿੰਦ ਕੇਜਰੀਵਾਲ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਦਾ ਨਿਰਾਦਰ ਕਰਦਿਆਂ ਦਰਸਾਇਆ ਗਿਆ ਹੈ। ਇਹ ਕੇਸ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤੇ ਗਏ ਹਨ। ਥਾਣਾ ਕੋਤਵਾਲੀ ਪੁਲਿਸ ਨੇ ਰਣਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਦੇ ਬਿਆਨਾਂ ਦੇ ਆਧਾਰ ’ਤੇ ਅਰਵਿੰਦ ਕੇਜਰੀਵਾਲ ਦੀ ਫ਼ਰਜ਼ੀ ਵੀਡੀਓ ਅਪਲੋਡ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ, ਜਦੋਂ ਕਿ ਥਾਣਾ ਕੈਨਾਲ ਕਲੋਨੀ ਵਿਚ ਰਵੀ ਖਿੱਚੀ ਪੁੱਤਰ ਮਹਿੰਦਰ ਪਾਲ ਖਿੱਚੀ ਵਾਸੀ ਗੁਰੂ ਨਾਨਕ ਨਗਰ ਬਠਿੰਡਾ ਦੇ ਬਿਆਨਾਂ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ।ਥਾਣਾ ਸਿਵਲ ਲਾਈਨ ਵਿਚ ਮਨਜੀਤ ਸਿੰਘ ਮੌੜ ਸਟੇਟ ਜੁਆਇੰਟ ਸੈਕਟਰੀ ਐਸਸੀ ਵਿੰਗ ਪੰਜਾਬ ਦੇ ਬਿਆਨਾਂ, ਥਾਣਾ ਨੇਹੀਆਵਾਲਾ ਵਿਚ ਆਮ ਆਦਮੀ ਪਾਰਟੀ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ ਦੇ ਬਿਆਨਾਂ, ਥਾਣਾ ਤਲਵੰਡੀ ਸਾਬੋ ਵਿਚ ਦਰਸ਼ਨ ਸਿੰਘ ਪੁੱਤਰ ਕਰਮ ਸਿੰਘ ਵਾਸੀ ਤਲਵੰਡੀ ਸਾਬੋ ਦੇ ਬਿਆਨਾਂ ਅਤੇ ਸਾਈਬਰ ਕ੍ਰਾਈਮ ਥਾਣੇ ਵਿਚ ਪ੍ਰਸਿੱਧ ਗਾਇਕ ਅਤੇ ਆਮ ਆਦਮੀ ਪਾਰਟੀ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੋਟੀਆਂ ਦੇ ਬਿਆਨਾਂ ਦੇ ਆਧਾਰ ਉੱਪਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਆਪ ਆਗੂਆਂ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਕਿਹਾ ਹੈ ਕਿ ਅਣਪਛਾਤੇ ਵਿਅਕਤੀ ਵੱਲੋਂ ਤਿਆਰ ਕੀਤੀ ਝੂਠੀ, ਜਾਅਲੀ ਵੀਡੀਓ ਵਿਚ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਭਾਰਤੀ ਸੰਵਿਧਾਨ ਬਾਰੇ ਕੁਝ ਕਹਿੰਦੇ ਹੋਏ ਦਿਖਾਇਆ ਗਿਆ ਹੈ, ਜਦੋਂ ਕਿ ਉਨ੍ਹਾਂ ਕਦੇ ਵੀ ਅਜਿਹੀ ਗੱਲ ਨਹੀਂ ਕੀਤੀ।ਉਨ੍ਹਾਂ ਬਿਆਨਾਂ ਵਿਚ ਕਿਹਾ ਕਿ ਵੀਡੀਓ ਸਪੈਸ਼ਲ ਤੌਰ ’ਤੇ ਐਸਸੀ, ਐਸਟੀ ਭਾਈਚਾਰੇ ਦੇ ਮੈਂਬਰਾਂ ਅਤੇ ਵੱਖ ਵੱਖ ਵਰਗਾਂ ਵਿਚ ਨਫਰਤ ਪੈਦਾ ਕਰਨ, ਭਾਵਨਾਵਾਂ ਨੂੰ ਭੜਕਾਉਣ ਅਤੇ ਦੁਸ਼ਮਣੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸੋਸ਼ਲ ਮੀਡੀਆ ’ਤੇ ਪਾਈ ਗਈ। ਉਨ੍ਹਾਂ ਕਿਹਾ ਕਿ ਵੀਡੀਓ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦਾ ਨਿਰਾਦਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਸਬੰਧੀ ਕੀਤੀ ਗਈ ਟਿੱਪਣੀ ਤੋਂ ਬਾਅਦ ਇਹ ਮਾਮਲਾ ਪੂਰਾ ਭਖਿਆ ਹੋਇਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ 192,336 (4), 352,353(2) ਬੀਐਨਐਸ, ਸੈਕਸ਼ਨ 3(1) (ਆਰ), 3(1)(ਯੂ), 3(1)(ਵੀ) ਆਫ਼ ਐਸਸੀਐਸਟੀ ਐਕਟ 1989, ਸੈਕਸ਼ਨ 65 ਆਈਟੀ ਐਕਟ ਤਹਿਤ ਦਰਜ ਕੀਤੇ ਗਏ ਹਨ।