ਰਾਜਪੁਰਾ : 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਕਿ ਐਮਰਜੈਂਸੀ, ਮੈਡੀਕਲ ਤੇ ਸਿਹਤ ਸੇਵਾਵਾਂ, ਵਿਆਹਾਂ ਵਾਲੀਆਂ ਗੱਡੀਆਂ, ਜ਼ਰੂਰੀ ਇੰਟਰਵਿਊ ਲਈ ਜਾਣ ਵਾਲੇ ਜਾਂ ਵਿਦੇਸ਼ ਜਾਣ ਲਈ ਹਵਾਈ ਅੱਡੇ ਨੂੰ ਜਾਣ ਵਾਲੇ ਲੋਕਾਂ ਨੂੰ ਬੰਦ ਤੋਂ ਰਾਹਤ ਪ੍ਰਦਾਨ ਕੀਤੀ ਗਈ ਹੈ। ਸਵੇਰੇ 7 ਤੋਂ ਸ਼ਾਮ 4 ਵਜੇ ਤਕ ਬੰਦ ਰਹੇਗਾ। ਪੰਜਾਬ ਬੰਦ ਦੀ ਜਾਣਕਾਰੀ ਦੇਣ ਵਾਲੇ ਪੋਸਟਰ ਜਗ੍ਹਾ-ਜਗ੍ਹਾ ਲਗਾਏ ਗਏ ਹਨ, ਤਾਂ ਕਿ ਇਸ ਬਾਰੇ ਜਾਣਕਾਰੀ ਲੋਕਾਂ ਤੱਕ ਪਹੁੰਚ ਸਕੇ ਅਤੇ ਆਮ ਜਨਤਾ ਨੂੰ ਘੱਟ ਤੋਂ ਘੱਟ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬਾਜ਼ਾਰਾਂ ਦੇ ਨਾਲ-ਨਾਲ ਸੜਕ ਮਾਰਗ ਅਤੇ ਰੇਲ ਮਾਰਗ ਵੀ ਜਾਮ ਰਹਿਣਗੇ। ਉਨ੍ਹਾਂ ਸਾਰੇ ਪੰਜਾਬੀਆਂ ਨੂੰ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਧਿਆਨ ’ਚ ਰੱਖਦੇ ਆਪਣੇ ਕਾਰੋਬਾਰ ਬੰਦ ਕਰਕੇ ਸਾਥ ਦੇਣ ਦੀ ਅਪੀਲ ਕੀਤੀ ਹੈ।