ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਿੱਲੀ ਵਿਧਾਨ ਸਭਾ ਚੋਣਾਂ ਕਾਰਨ ਪੰਜਾਬ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੜੀਅਲ ਰਵੀਆਂ ਛੱਡ ਕੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦੇਣਾ ਚਾਹੀਦਾ ਹੈ, ਨਹੀਂ ਤਾਂ ਸਥਿਤੀ ਵਿਗੜ ਸਕਦੀ ਹੈ। ਇਸ ਦੇ ਨਾਲ ਹੀ ਮੁੱਖ ਮਤੰਰੀ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਡਾਕਟਰਾਂ ਦੀ ਟੀਮ ਖਨੌਰੀ ਵਿਖੇ ਤਾਇਨਾਤ ਕੀਤੀ ਗਈ, ਉਹ ਡੱਲੇਵਾਲ ਨੂੰ ਜਬਰੀ ਨਹੀ ਚੁੱਕਣਗੇ। ਇੱਥੇ ਜ਼ਿਕਰਯੋਗ ਹੈ ਕਿ ਖਨੌਰੀ ’ਚ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਕਿਸਾਨਾਂ ਮੰਗਾਂ ਬਾਰੇ ਪਹਿਲੀ ਵਾਰ ਮੁੱਖ ਮੰਤਰੀ ਖੁੱਲ੍ਹ ਕੇ ਸਾਹਮਣੇ ਆਏ ਹਨ। ਵੀਰਵਾਰ ਨੂੰ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਵਾਲ ਉਠਾਇਆ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਫਿਰ ਕੇਂਦਰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਕਿਉਂ ਨਹੀਂ ਦਿੰਦੀ? ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਿੱਲੀ ਜਾ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਅਜਿਹੇ ’ਚ ਪੰਜਾਬ ਨੂੰ ਦੋਸ਼ੀ ਕਿਉਂ ਠਹਿਰਾਇਆ ਜਾ ਰਿਹਾ ਹੈ? ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿਧਾਨ ਸਭਾ ਚੋਣਾਂ ਕਾਰਨ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ’ਤੇ ਕਿਸਾਨ ਅੰਦੋਲਨ ਨੂੰ ਸਿਆਸੀ ਮੁੱਦਾ ਬਣਾਉਣ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣ ਦੇ ਬੁੱਧਵਾਰ ਦੇ ਉਸ ਬਿਆਨ ਜਿਸ ’ਚ ਉਨ੍ਹਾਂ ਨੇ ਕਿਸਾਨਾਂ ਦੇ ਅੰਦੋਲਨ ਦੀ ਤੁਲਨਾ ਹਰਿਆਣਾ ’ਚ ਮਿਲੀ ਜਿੱਤ ਨਾਲ ਕੀਤੀ, ’ਤੇ ਕਿਹਾ ਕਿ ਕੀ ਹਰ ਚੀਜ਼ ਵੋਟਾਂ ਨੂੰ ਦੇਖ ਕੇ ਹੀ ਕੀਤੀ ਜਾਵੇਗੀ। ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਕੀ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ? ਮਾਨ ਨੇ ਕੇਂਦਰ ਸਰਕਾਰ ਖ਼ਾਸ ਕਰ ਕੇ ਪ੍ਰਧਾਨ ਮੰਤਰੀ ਨੂੰ ਆਪਣਾ ਅੜੀਅਲ ਰਵੱਈਆ ਛੱਡਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜ਼ਿੱਦ ਨਾਲ ਮਸਲੇ ਹੋਰ ਵਿਗੜ ਸਕਦੇ ਹਨ। ਪ੍ਰਧਾਨ ਮੰਤਰੀ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਿਸਾਨ ਜਥੇਬੰਦੀਆਂ ਗੱਲਬਾਤ ਦੀ ਪੇਸ਼ਕਸ਼ ਕਰਨ ’ਤੇ ਨਹੀਂ ਜਾਂਦੀਆਂ ਤਾਂ ਤੁਸੀਂ ਉਨ੍ਹਾਂ ਨੂੰ ਦੋਸ਼ੀ ਠਹਿਰਾਓ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ ਤਾਂ ਇਸ ’ਚ ਗ਼ਲਤ ਕੀ ਹੈ? ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੱਲ੍ਹ ਖੁਦ ਜਗਜੀਤ ਸਿੰਘ ਡੱਲੇਵਾਲ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਕਿਹਾ ਕਿ ਇਹ ਸੰਘਰਸ਼ ਲੰਮਾ ਹੈ ਤੇ ਇਸ ਨੂੰ ਤੁਹਾਡੇ ਵਰਗੇ ਆਗੂਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡਾ ਕੰਮ ਜਗਜੀਤ ਸਿੰਘ ਡੱਲੇਵਾਲ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣਾ ਹੈ। ਅਸੀਂ 50 ਡਾਕਟਰਾਂ ਦੀ ਟੀਮ ਉੱਥੇ ਡਿਊਟੀ ’ਤੇ ਲਗਾਈ ਹੋਈ ਹੈ। ਇਕ ਢਾਬੇ ਨੂੰ ਆਰਜ਼ੀ ਤੌਰ ’ਤੇ ਹਸਪਤਾਲ ’ਚ ਬਦਲ ਕੇ ਸਾਰਾ ਸਾਜੋ ਸਾਮਾਨ ਉੱਥੇ ਲਗਾਇਆ ਹੈ ਤਾਂ ਜੋ ਐਰਮਜੈਂਸੀ ’ਚ ਡੱਲੇਵਾਲ ਨੂੰ ਫ਼ੌਰੀ ਤੌਰ ’ਤੇ ਮੈਡੀਕਲ ਸਹੂਲਤ ਦਿੱਤੀ ਜਾ ਸਕੇ।
ਨਵੀਂ ਮੰਡੀਕਰਨ ਨੀਤੀ ਲਾਗੂ ਨਹੀਂ ਕਰਾਂਗੇ
ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕੇਂਦਰ ਸਰਕਾਰ ਹੁਣ ਨਵੀਆਂ ਨੀਤੀਆਂ ਰਾਹੀਂ ਪੁਰਾਣੇ ਕਾਨੂੰਨ ਲਿਆ ਰਹੀ ਹੈ। ਖੇਤੀ ਮੰਡੀਕਰਨ ਨੀਤੀ ਦਾ ਖਰੜਾ ਵੀ ਸਾਨੂੰ ਭੇਜਿਆ ਗਿਆ ਹੈ। ਅਸੀਂ ਇਸਨੂੰ ਲਾਗੂ ਨਹੀਂ ਕਰਾਂਗੇ। ਇਸ ਸਬੰਧੀ ਜਲਦੀ ਹੀ ਕੇਂਦਰ ਸਰਕਾਰ ਨੂੰ ਪੱਤਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ’ਚ ਮੰਡੀਕਰਨ ਬਹੁਤ ਵਧੀਆ ਹੈ, ਇਹ ਨੀਤੀਆਂ ਲਿਆ ਕੇ ਇਸ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਿਸਾਨ ਜਥੇਬੰਦੀਆਂ ਨੂੰ ਕਿਹਾ, ਪੰਜਾਬ ਬੰਦ ਕਰ ਕੇ ਸੂਬੇ ਦਾ ਨੁਕਸਾਨ ਕਿਉਂ ਕਰ ਰਹੇ ਹੋ
ਮੁੱਖ ਮੰਤਰੀ ਭਗਵੰਤ ਮਾਨ ਨੇ 30 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕੀਤੇ ਗਏ ਪੰਜਾਬ ਬੰਦ ’ਤੇ ਟਿੱਪਣ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕਿਉਂ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਕ ਬੰਦ ਕਾਰਨ ਸੂਬੇ ਦਾ ਕਰੀਬ 100 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਨਾਲ ਕੇਂਦਰ ਨੂੰ ਕੀ ਫਰਕ ਪੈਂਦਾ ਹੈ ਪਰ ਤੰਗ ਪੰਜਾਬ ਦੇ ਲੋਕ ਹੋ ਰਹੇ ਹਨ।