ਕਪੂਰਥਲਾ : ਮਾਡਰਨ ਜੇਲ੍ਹ ਕਪੂਰਥਲਾ ਵਿੱਚ ਦੇਰ ਰਾਤ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਬੰਦ ਹਵਾਲਾਤੀ ਦੀ ਸਿਹਤ ਖ਼ਰਾਬ ਹੋ ਗਈ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਪਰ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰਨ 'ਤੇ ਪੁਲਿਸ ਨੇ ਕੈਦੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ 'ਚ ਰਖਵਾਇਆ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਕੋਤਵਾਲੀ ਦੇ ਐਸਐਚਓ ਕਿਰਪਾਲ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਮਹਿਤਾਬਗੜ੍ਹ ਵਜੋਂ ਹੋਈ ਹੈ। ਐਸਐਚਓ ਕਿਰਪਾਲ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਹਵਾਲਾਤੀ ਰਜਿੰਦਰ ਸਿੰਘ ਖਿਲਾਫ ਨਸ਼ਾ ਤਸਕਰੀ ਦੇ ਦੋ ਕੇਸ ਦਰਜ ਹਨ, ਇਕ ਜਲੰਧਰ ਦੇ ਥਾਣਾ ਰਾਮਾ ਮੰਡੀ 'ਚ ਅਤੇ ਇਕ ਥਾਣਾ ਸਿਟੀ ਕਪੂਰਥਲਾ 'ਚ ਦਰਜ ਹੈ ਜਿਸ ਵਿੱਚ ਉਹ ਜੇਲ੍ਹ ਵਿੱਚ ਬੰਦ ਸੀ। ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਰਾਤ ਸਿਵਲ ਹਸਪਤਾਲ ਵਿੱਚ ਤਾਇਨਾਤ ਡਾਕਟਰ ਸਿਧਾਰਥ ਬਿੰਦਰਾ ਨੇ ਦੱਸਿਆ ਕਿ ਮਾਡਰਨ ਜੇਲ੍ਹ ਕਪੂਰਥਲਾ ਦੇ ਕੈਦੀ ਰਜਿੰਦਰ ਸਿੰਘ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿਸ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਜੇਲ੍ਹ 'ਚ ਨਜ਼ਰਬੰਦ ਰਜਿੰਦਰ ਸਿੰਘ ਦੀ ਸਿਹਤ ਖਰਾਬ ਹੋਣ 'ਤੇ ਉਸ ਨੂੰ ਪਹਿਲਾਂ ਜੇਲ੍ਹ ਹਸਪਤਾਲ 'ਚ ਮੁੱਢਲੀ ਸਹਾਇਤਾ ਦਿੱਤੀ ਗਈ ਤੇ ਫਿਰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਇੱਥੇ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਥਾਣਾ ਕੋਤਵਾਲੀ ਦੇ ਐਸਐਚਓ ਕਿਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।