ਮੁੱਲਾਪੁਰ ਦਾਖਾ: ਲਾਗਲੇ ਪਿੰਡ ਹਸਨਪੁਰ ਵਿਖੇ ਖੇਤਾਂ ਵਿੱਚ ਰਹਿੰਦੇ ਇੱਕ ਪਰਿਵਾਰ ਦੇ 13 ਸਾਲਾਂ ਬੱਚੇ ਨੂੰ ਖੂੰਖਾਰ ਕੁੱਤਿਆਂ ਨੇ ਨੋਚ ਨੋਚ ਖਾ ਲਿਆ, ਸਿੱਟੇ ਵਜੋਂ ਬੱਚੇ ਦੀ ਮੌਕੇ 'ਤੇ ਮੌਤ ਹੋ ਗਈ। ਇਸ ਮੌਤ ਨਾਲ ਜਿੱਥੇ ਪਿੰਡ ਵਾਸੀਆਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ। ਉੱਥੇ ਪਿੰਡ ਵਾਸੀਆਂ ਨੇ ਲੁਧਿਆਣਾ ਫਿਰੋਜ਼ਪੁਰ ਮੁੱਖ ਮਾਰਗ 'ਤੇ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਇੱਥੇ ਇਹ ਵੀ ਦੱਸਣਾ ਜ਼ਰੂਰੀ ਬਣਦਾ ਹੈ ਕਿ ਕੁਝ ਦਿਨ ਪਹਿਲਾਂ ਹੀ ਇੱਕ ਪਰਵਾਸੀ ਪਰਿਵਾਰ ਦੇ ਬੱਚੇ ਨੂੰ ਵੀ ਕੁੱਤਿਆਂ ਨੇ ਨੋਚ-ਨੋਚ ਖਾਧਾ ਸੀ। ਜਿਸ ਕਾਰਨ ਉਸ ਬੱਚੇ ਦੀ ਵੀ ਮੌਤ ਹੋ ਗਈ ਸੀ। ਇਹ ਪਿੰਡ ਵਿੱਚ ਦੂਜੀ ਘਟਨਾ ਵਾਪਰੀ ਹੈ ਪਰ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਕੁੰਭਕਰਨ ਦੀ ਨੀਂਦ ਸੁੱਤਾ ਪਿਆ ਹੈ। ਇਹ ਬੱਚਾ ਪੰਜਵੀਂ ਕਲਾਸ ਪਿੰਡ ਹਸਨਪੁਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦਾ ਸੀ।