ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਕ ਮਾਰਚ ਤੋਂ ਹੁਣ ਤੱਕ ਕੁੱਲ 1,163 ਐੱਨਡੀਪੀਐੱਸ ਕੇਸ ਦਰਜ ਕੀਤੇ ਗਏ ਹਨ, ਜਿਸ ਦੇ ਨਤੀਜੇ ਵਜੋਂ 1,615 ਨਸ਼ਾ ਤਸਕਰਾਂ ਅਤੇ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ 21 ਤਸਕਰ ਜ਼ਖਮੀ ਹੋਏ ਹਨ। ਅਰੋੜਾ ਨੇ ਕਿਹਾ ਕਿ ਸਰਕਾਰ ਨੇ 27 ਗੈਰ-ਕਾਨੂੰਨੀ ਇਮਾਰਤਾਂ ਨੂੰ ਢਾਹ ਦਿੱਤਾ ਹੈ। ਵੱਖ-ਵੱਖ ਥਾਵਾਂ ਤੋਂ 1,115 ਕਿੱਲੋਗ੍ਰਾਮ ਨਸ਼ੀਲੇ ਪਦਾਰਥ, ਲਗਪਗ 7 ਲੱਖ ਗੋਲੀਆਂ ਅਤੇ ਕੈਪਸੂਲ, ਅਤੇ ਲਗਪਗ 60 ਲੱਖ ਰੁਪਏ ਦੀ ਡਰੱਗ ਮਨੀ ਨੂੰ ਵੀ ਜ਼ਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੁਲਿਸ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸਕੂਲਾਂ-ਕਾਲਜਾਂ ਵਿਚ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਆਪ ਆਗੂ ਨੇ ਸਮੂਹਿਕ ਸਮਾਜਿਕ ਯਤਨਾਂ ਦੀ ਮਹੱਤਤਾ ਨੂੰ ਦੁਹਰਾਇਆ ਅਤੇ ਹਰ ਘਰ, ਪਰਿਵਾਰ ਅਤੇ ਸੰਸਥਾ ਨੂੰ ਇਸ ਮਿਸ਼ਨ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਇਕੱਲੀ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ। ਪੰਜਾਬ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਦਿਲੋਂ ਸਮਰਥਨ ਕਰਨਾ ਚਾਹੀਦਾ ਹੈ, ਤਾਂ ਹੀ ਅਸੀਂ ਇਸ ਖ਼ਤਰੇ ਦਾ ਖਾਤਮਾ ਕਰ ਸਕਾਂਗੇ।ਅਰੋੜਾ ਨੇ ਸਾਰੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸੰਸਥਾਵਾਂ ਦੇ ਨਾਲ-ਨਾਲ ਗੈਰ-ਸਰਕਾਰੀ ਸੰਗਠਨਾਂ ਨੂੰ ਇਸ ਲੜਾਈ ਵਿਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਬੁਰਾਈ ਨੂੰ ਜੜ੍ਹੋਂ ਪੁੱਟਣ ਅਤੇ ਆਪਣੀ ਜਵਾਨੀ ਨੂੰ ਬਚਾਉਣ ਲਈ ਇਕੱਠੇ ਹੋ ਕੇ ਕੰਮ ਕਰੀਏ।ਅਰੋੜਾ ਨੇ ਇਸ ਮੁੱਦੇ ’ਤੇ ਸਰਕਾਰ ਦੀ ਵਚਨਬੱਧਤਾ' ਤੇ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਹੋਰ ਪਹਿਲਕਦਮੀ ਨਹੀਂ ਹੈ, ਇਹ ਡਰੱਗ ਮਾਫੀਆ ਅਤੇ ਉਹਨਾਂ ਦੀ ਸਰਪ੍ਰਸਤੀ ਕਰਨ ਵਾਲਿਆਂ ਵਿਰੁੱਧ ਇੱਕ ਨਿਰਣਾਇਕ ਅਤੇ ਅੰਤਮ ਲੜਾਈ ਹੈ।