ਧਨੌਲਾ,15 ਮਾਰਚ (ਚਮਕੌਰ ਸਿੰਘ ਗੱਗੀ) -ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਦੇ ਖਤਮ ਸਬੰਧੀ ਬਿਆਨ ਸਿਰਫ ਅਖ਼ਬਾਰਾਂ ਤੱਕ ਹੀ ਸੀਮਿਤ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਧਨੌਲਾ ਵਿਖੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਧਨੌਲਾ, ਹੰਡਿਆਇਆ ਅਤੇ ਬਰਨਾਲਾ ਵਿੱਚ ਹੋਏ ਵਿਕਾਸ ਕਾਰਜਾਂ ਦੇ ਸਮੇਂ ਹੋਏ ਭ੍ਰਿਸ਼ਟਾਚਾਰ ਦੇ ਬਾਰੇ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲਣ ਦਾ ਸਮਾਂ ਮੰਗ ਰਹੇ ਹਨ। ਕਿਉਂਕਿ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਵਿਧਾਇਕਾਂ ਤੋਂ ਫੀਡਬੈਕ ਲੈ ਕੇ ਭ੍ਰਿਸ਼ਟਾਚਾਰ ਵਿੱਚ ਲਿਪਤ ਲੋਕਾਂ ਖਿਲਾਫ਼ ਸਖਤ ਕਾਰਵਾਈ ਕਰਨਗੇ। ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਧਨੌਲਾ ਵਿੱਚ ਹੋ ਰਹੇ ਵਿਕਾਸ ਕਾਰਜਾਂ ਵਿੱਚ ਕਥਿਤ ਤੌਰ ਤੇ ਹੋ ਰਹੀ ਧਾਂਦਲੀ ਦੀ ਰਿਪੋਰਟ ਤਿਆਰ ਕਰ ਰਹੇ ਹਨ ਜਿਸ ਦੀ ਜਾਣਕਾਰੀ ਉਹ ਪਿਛਲੇ ਇੱਕ ਮਹੀਨੇ ਤੋਂ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮੰਗ ਰਹੇ ਹਨ। ਪਰ ਠੇਕੇਦਾਰਾਂ ਨਾਲ ਕਥਿਤ ਤੌਰ ਤੇ ਮਿਲੀਭੁਗਤ ਕਰਕੇ ਕਰੋੜਾਂ ਰੁਪਏ ਦੀ ਗ੍ਰਾਂਟ ਵਿੱਚ ਧਾਂਦਲੀਆਂ ਕਰਨ ਵਾਲੇ ਅਫਸਰ ਸਹੀ ਜਾਣਕਾਰੀ ਦੇਣ ਤੋਂ ਟਾਲਾ ਵੱਟ ਰਹੇ ਹਨ, । ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਕਿਸੇ ਜਮੀਨ ਦੀ ਖਰੀਦਦਾਰੀ ਦੇ ਸੌਦੇਬਾਜ਼ੀ ਵਿੱਚ ਇੱਕ ਕਿਸਾਨ ਪਰਿਵਾਰ ’ਤੇ ਸਰਕਾਰੀ ਦਬਾਅ ਬਣਾਇਆ ਜਾ ਰਿਹਾ ਸੀ ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਜ਼ਿਲਾ ਸੀਨੀਅਰ ਕਪਤਾਨ ਪੁਲਿਸ ਕੋਲ ਕੀਤੀ ਗਈ ਹੈ, ਕਿਹਾ ਕਿ ਉਹ ਲੋਕਾਂ ਦੇ ਚੁਣਿੰਦਾ ਵਿਧਾਇਕ ਹਨ ਅਤੇ ਹਰ ਸਮੇਂ ਲੋਕਾਂ ਦੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਭ੍ਰਿਸ਼ਟਾਚਾਰ, ਨਸ਼ਾ ਅਤੇ ਲੁੱਟਾਂ ਖੋਹਾਂ ਜਿਹੀਆਂ ਘਟਨਾਵਾਂ ਰੋਜ਼ਾਨਾ ਹੋ ਰਹੀਆਂ ਹਨ, ਜਿਸ ਕਾਰਨ, ਲੋਕਾਂ ਵਿੱਚ ਸਹਮ ਦਾ ਮਾਹੌਲ ਹੈ। ਪ੍ਰਦੇਸ਼ ਦੇ ਹਾਲਾਤ ਦਿਨ ਬੀ ਦਿਨ ਖਰਾਬ ਹੋ ਰਹੇ ਹਨ। ਜਦੋਂ ਇਸ ਮਾਮਲੇ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਾਫ਼ੀ ਪੱਤਰਕਾਰਾਂ ਦੇ ਫੋਨ ਆ ਰਹੇ ਸਨ ਜਿਸ ਸਬੰਧੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।