ਲੰਡਨ- ਸਰਬਜੀਤ ਸਿੰਘ ਬਨੂੜ- ਵਰਲਡ ਸਿੱਖ ਪਾਰਲੀਮੈਂਟ ਨੇ ਪੰਜਾਬ ਪੁਲਿਸ ਦੁਆਰਾ ਨੌਜਵਾਨਾਂ 'ਤੇ ਕਥਿਤ ਤੌਰ 'ਤੇ ਝੂਠੇ ਇਲਜ਼ਾਮ ਲਗਾ ਕੇ ਗ੍ਰਿਫਤਾਰ ਕਰਨ ਅਤੇ ਭਾਰਤ ਸਰਕਾਰ ਦੀਆਂ ਸਿੱਖ ਵਿਰੋਧੀ ਨੀਤੀਆਂ ਤਹਿਤ ਵਿਦੇਸ਼ਾਂ ਵਿੱਚ ਵਸਦੇ ਆਜ਼ਾਦੀ ਪਸੰਦ ਸਿੱਖਾਂ ਨੂੰ ਬਦਨਾਮ ਕਰਨ ਅਤੇ ਨਿਸ਼ਾਨਾ ਬਣਾਉਣ ਦੀਆਂ ਕਾਰਵਾਈਆਂ ਦੀ ਸਖ਼ਤ ਨਿਖੇਧੀ ਕੀਤੀ ਹੈ।
ਵਰਲਡ ਸਿੱਖ ਪਾਰਲੀਮੈਂਟ ਨੇ ਕਿਹਾ ਕਿ ਫਰਾਂਸ ਨਾਗਰਿਕ ਅਤੇ ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰ ਭਾਈ ਸਤਨਾਮ ਸਿੰਘ 'ਤੇ ਪੰਜਾਬ ਪੁਲਿਸ ਮੁਖੀ ਵੱਲੋਂ ਬੇਬੁਨਿਆਦ ਦੋਸ਼ ਲਗਾਏ ਗਏ ਹਨ। ਭਾਈ ਸਤਨਾਮ ਸਿੰਘ, ਜੋ ਫਰਾਂਸ ਵਿੱਚ ਵਸਦੇ ਹਨ, ਇੱਕ ਸਤਿਕਾਰਤ ਭਾਈਚਾਰਕ ਆਗੂ ਹਨ ਜੋ ਨਾ ਸਿਰਫ਼ ਸਿੱਖ ਕੌਮ ਦੀ ਬਿਹਤਰੀ ਲਈ ਕੰਮ ਕਰਦੇ ਹਨ ਬਲਕਿ ਸਿੱਖਾਂ ਦੇ ਆਜ਼ਾਦੀ ਦੇ ਹੱਕਾਂ ਦੇ ਵੀ ਜ਼ੋਰਦਾਰ ਹਮਾਇਤੀ ਹਨ।
ਜਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਪੁਲਸ ਦੇ ਡੀ ਜੀ ਪੀ ਗੌਰਵ ਯਾਦਵ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਵਿੱਚ ਸਿੱਖ ਨੌਜਵਾਨਾਂ ਨੂੰ ਭਾਰੀ ਮਾਤਾਰਾ ਵਿੱਚ ਹਥਿਆਰਾਂ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਸੀ ਤੇ ਉਹਨਾਂ ਨੌਜਵਾਨਾਂ ਨੂੰ ਵਿਦੇਸ਼ ਵਸਦੇ ਸਿੱਖਾਂ ਵੱਲੋਂ ਨਿਯੰਤਰਤ ਕੀਤਾ ਜਾ ਰਿਹਾ ਸੀ।
ਵਰਲਡ ਸਿੱਖ ਪਾਰਲੀਮੈਂਟ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿੱਖ ਵਿਰੋਧੀ ਪਾਲਿਸੀ ਤਹਿਤ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਠੋਸ ਸਬੂਤ ਦੇ ਝੂਠੇ ਮਾਮਲਿਆਂ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਝੂਠੇ ਪੁਲਿਸ ਮੁਕਾਬਲਿਆਂ ਦਾ ਸ਼ਿਕਾਰ ਵੀ ਬਣਾਇਆ ਜਾ ਰਿਹਾ ਹੈ।